ਜਲੰਧਰ, 17 ਜੂਨ: (ਰਿਪੋਰਟਰ ਅੰਕੁਸ਼) : ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਇਲਾਕੇ ਵਿੱਚ ਸਵੇਰੇ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਅਨੁਸਾਰ ਕਾਰ ਸਵਾਰ ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਸੂਤਰਾਂ ਮੁਤਾਬਕ ਜ਼ਖ਼ਮੀ ਨੌਜਵਾਨ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਉੱਥੇ ਹੀ ਗੋਲੀਬਾਰੀ ਕਰਨ ਵਾਲੇ ਵਿਅਕਤੀ ਦਾ ਨਾਮ ਅਮਰਜੀਤ ਸਿੰਘ ਦੱਸਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ 25 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਦੇ ਬਿਆਨ ਵੀ ਦਰਜ ਕਰ ਰਹੀ ਹੈ।





































